ਜਾਇਦਾਦ ਕਰ ਡਿਫਾਲਟਰਾਂ ਖ਼ਿਲਾਫ਼ ਨਗਰ ਨਿਗਮ ਦੀ ਵੱਡੀ ਕਾਰਵਾਈ
ਜਲੰਧਰ, 26 ਨਵੰਬਰ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਅੰਮ੍ਰਿਤਸਰ ਬਾਈਪਾਸ ਦੇ ਆਸ-ਪਾਸ ਤੇ ਪਠਾਨਕੋਟ ਰੋਡ ’ਤੇ ਸਥਿਤ ਤਿੰਨ ਕਾਰੋਬਾਰੀ ਅਦਾਰਿਆਂ ਨੂੰ ਸੀਲ ਕਰ ਦਿੱਤਾ ਗਿਆ।
ਜਲੰਧਰ, 26 ਨਵੰਬਰ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਟੈਕਸ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਨਗਰ ਨਿਗਮ ਦੀ ਟੀਮ ਵਲੋਂ ਅੰਮ੍ਰਿਤਸਰ ਬਾਈਪਾਸ ਦੇ ਆਸ-ਪਾਸ ਤੇ ਪਠਾਨਕੋਟ ਰੋਡ ’ਤੇ ਸਥਿਤ ਤਿੰਨ ਕਾਰੋਬਾਰੀ ਅਦਾਰਿਆਂ ਨੂੰ ਸੀਲ ਕਰ ਦਿੱਤਾ ਗਿਆ। ਇਹ ਕਾਰਵਾਈ ਉਨ੍ਹਾਂ ਜਾਇਦਾਦ ਮਾਲਕਾਂ ਖ਼ਿਲਾਫ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਲੰਬੇ ਸਮੇਂ ਤੋਂ ਆਪਣਾ ਬਣਦਾ ਪ੍ਰਾਪਰਟੀ ਟੈਕਸ (ਜਾਇਦਾਦ ਕਰ) ਜਮ੍ਹਾਂ ਨਹੀਂ ਕਰਵਾਇਆ ਗਿਆ। ਨਗਰ ਨਿਗਮ ਵਲੋਂ ਹੁਣ ਉਨ੍ਹਾਂ ਸਾਰੀਆਂ ਜਾਇਦਾਦਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਮਾਲਕਾਂ ਨੇ ਅਜੇ ਤੱਕ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਹੀਂ ਕੀਤੀ। ਅਜਿਹੇ ਜਾਇਦਾਦ ਮਾਲਕਾਂ ਨੂੰ ਪਹਿਲਾਂ ਹੀ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਸਬੰਧੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਜਿਹੜੇ ਜਾਇਦਾਦ ਮਾਲਕ ਟੈਕਸ ਜਮ੍ਹਾਂ ਨਹੀਂ ਕਰਵਾ ਰਹੇ, ਉਨ੍ਹਾਂ ਖ਼ਿਲਾਫ਼ ਸੀਲਿੰਗ ਦੀ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਸੁਮਨਦੀਪ ਕੌਰ ਵਲੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਟੈਕਸ ਦੀ ਵਸੂਲੀ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਬਕਾਇਆ ਟੈਕਸ ਦੀ ਵਸੂਲੀ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਨਗਰ ਨਿਗਮ ਵਲੋਂ ਨਿਰਧਾਰਿਤ ਕੀਤੇ ਗਏ ਮਾਲੀਆ ਵਸੂਲੀ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।