ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਦੀ ਪ੍ਰੋਤਸਾਹਨ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ‘ਰਾਹਗੀਰ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਸ ਦੀ ਜਾਨ ਬਚਾਉਣ ਵਿਚ ਸਹਾਇਤਾ ਕਰਨ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ‘ਰਾਹਗੀਰ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਸ ਦੀ ਜਾਨ ਬਚਾਉਣ ਵਿਚ ਸਹਾਇਤਾ ਕਰਨ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਐੱਸ.ਪੀ. ਟ੍ਰੈਫ਼ਿਕ ਜੋਰਾ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਅਵੇਅਰਨੈਸ ਟੀਮ ਦੇ ਇੰਚਾਰਜ ਏ.ਐੱਸ.ਆਈ. ਹਰਿਮੰਦਰ ਸਿੰਘ ਵਲੋਂ ਵੱਖ-ਵੱਖ ਥਾਵਾਂ ’ਤੇ ਆਮ ਲੋਕਾਂ ਤੇ ਰਾਹਗੀਰਾਂ ਨੂੰ ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ, ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸਥਿਤੀ ਵਿਚ ਪੀੜਤ ਵਿਅਕਤੀ ਦੀ ਤੁਰੰਤ ਮਦਦ ਕਰਨ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਏ.ਐੱਸ.ਆਈ. ਹਰਿਮੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਪਹੁੰਚਾਉਣ ਨਾਲ ਉਸ ਦੀ ਜਾਨ ਬਚਾਈ ਜਾ ਸਕਦੀ ਹੈ। ਹਾਦਸੇ ਤੋਂ ਬਾਅਦ ਸ਼ੁਰੂਆਤੀ ਸਮਾਂ ਜ਼ਖ਼ਮੀ ਵਿਅਕਤੀ ਲਈ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਸ ਲਈ ਲੋਕਾਂ ਨੂੰ ਬਿਨਾਂ ਝਿਜਕ ਹਾਦਸੇ ਦੇ ਪੀੜਤ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਰਾਹਗੀਰ’ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਾਦਸੇ ਦੀ ਸਥਿਤੀ ਵਿਚ ਲੋਕ ਪੀੜਤ ਦੀ ਮਦਦ ਕਰਨ ਤੋਂ ਪਿੱਛੇ ਨਾ ਹਟਣ ਅਤੇ ਉਸ ਨੂੰ ਸਮੇਂ ਸਿਰ ਇਲਾਜ ਮਿਲ ਸਕੇ। ਇਸ ਦੇ ਨਾਲ ਹੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵਲੋਂ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਟ੍ਰੈਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਪਹਿਲ ਦੇਣ।