ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸੰਬੰਧੀ ਸੰਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਤੇ ਸਾਫ਼-ਸੁਥਰਾ ਝੋਨਾ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ, ਖ਼ਰੀਦ, ਚੁਕਾਈ, ਬਾਰਦਾਨੇ ਦੀ ਉਪਲਬਧਤਾ ਅਤੇ ਅਦਾਇਗੀਆਂ ਸਮੇਤ ਹੋਰ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਤੇ ਚੁਕਾਈ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦਾ ਬੇਲੋੜਾ ਢੇਰ ਨਾ ਲੱਗੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਉਡੀਕ ਨਾ ਕਰਨੀ ਪਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੀ ਸਖ਼ਤ ਮਿਹਨਤ ਨਾਲ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਦਾ ਹੈ, ਸਗੋਂ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਸੁਖਾਵਾਂ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਮੰਡੀਆਂ ਵਿਚ ਸਾਫ਼ ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਅਤੇ ਬੈਠਣ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਝੋਨੇ ਦੀ ਆਮਦ ਤੇ ਖ਼ਰੀਦ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1255 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ 700 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।