138 ਐਨ.ਆਈ. ਐਕਟ ਦੇ ਕੇਸਾਂ ਸੰਬੰਧੀ ਵਿਸ਼ੇਸ਼ ਲੋਕ ਅਦਾਲਤ 21 ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 138 ਐਨ. ਆਈ.
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 138 ਐਨ.ਆਈ. ਐਕਟ ਨਾਲ ਸੰਬੰਧਿਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਦਕਿ ਸਾਲ ਦੀ ਆਖ਼ਰੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾਵੇਗੀ। ਇਨ੍ਹਾਂ ਲੋਕ ਅਦਾਲਤਾਂ ਦੀਆਂ ਤਿਆਰੀਆਂ ਅਤੇ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ ਦੀ ਪ੍ਰਧਾਨਗੀ ਹੇਠ 11 ਨਵੰਬਰ ਨੂੰ ਜੁਡੀਸ਼ੀਅਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੈਸ਼ਨ ਡਵੀਜ਼ਨ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੇ ਭਾਗ ਲਿਆ। ਇਨ੍ਹਾਂ ’ਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਬਰਾੜ, ਰਮਨ ਸ਼ਰਮਾ ਪ੍ਰਿੰਸੀਪਲ ਜੱਜ ਫ਼ੈਮਲੀ ਕੋਰਟ, ਸ੍ਰੀਮਤੀ ਗਰੀਸ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਨੀਰਜ ਕੁਮਾਰ ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਰੂਪਾ ਧਾਲੀਵਾਲ ਜੁਡੀਸ਼ੀਅਲ ਮੈਜਿਸਟ੍ਰੇਟ, ਰਾਜਬੀਰ ਕੌਰ, ਜਸਕਿਰਨ ਸੋਂਦ ਤੇ ਅਸਮਿਤਾ ਰੋਮਾਣਾ ਤੋਂ ਇਲਾਵਾ ਮਲੋਟ ਤੇ ਗਿੱਦੜਬਾਹਾ ਦੇ ਜੁਡੀਸ਼ੀਅਲ ਅਧਿਕਾਰੀ ਵੀ ਸ਼ਾਮਿਲ ਸਨ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਮੂਹ ਜੱਜ ਸਾਹਿਬਾਨ ਨੂੰ ਅਪੀਲ ਕੀਤੀ ਕਿ 21 ਨਵੰਬਰ ਨੂੰ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ’ਚ 138 ਐਨ.ਆਈ. ਐਕਟ ਨਾਲ ਸੰਬੰਧਿਤ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸੇ ਤਰ੍ਹਾਂ 12 ਦਸੰਬਰ ਨੂੰ ਹੋਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੀ ਵੱਧ ਤੋਂ ਵੱਧ ਯੋਗ ਕੇਸਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸੁਲ੍ਹਾ-ਸਫ਼ਾਈ ਰਾਹੀਂ ਨਿਪਟਾਰਾ ਕੀਤਾ ਜਾ ਸਕੇ। ਮੀਟਿੰਗ ’ਚ ਹਾਜ਼ਰ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਵਿਸ਼ੇਸ਼ ਤੇ ਕੌਮੀ ਲੋਕ ਅਦਾਲਤਾਂ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਤੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਲੰਬਿਤ ਤੇ ਸਮਝੌਤਾ ਯੋਗ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਲਈ ਅੱਗੇ ਆਉਣ।