ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ 149 ਦਿਨਾਂ ਦੌਰਾਨ 946 ਮੁਕੱਦਮੇ ਦਰਜ, 1394 ਮੁਲਜ਼ਮ ਕੀਤੇ ਗ੍ਰਿਫ਼ਤਾਰ-ਐਸ.ਐਸ.ਪੀ.
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਈਟ ਡੋਮੀਨੇਸ਼ਨ ਅਧੀਨ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਈਟ ਡੋਮੀਨੇਸ਼ਨ ਅਧੀਨ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿਛਲੇ 149 ਦਿਨਾਂ ਦੌਰਾਨ ਨਸ਼ਿਆਂ ਸੰਬੰਧੀ 946 ਮੁਕੱਦਮੇ ਦਰਜ ਕਰਕੇ 1394 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਐਸ.ਐਸ.ਪੀ. ਅਭਿਮੰਨਿਊ ਰਾਣਾ ਵਲੋਂ ਰਾਤ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲੈਂਦਿਆਂ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਪ੍ਰਕਿਰਿਆ ਨੂੰ ਦੇਖਿਆ ਅਤੇ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਪੁਲਿਸ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ ਤੇ ਤਕਰੀਬਨ 35 ਨਾਕੇ ਲਗਾਏ ਗਏ ਹਨ, ਜਿੱਥੇ 350 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਨਾਕਿਆਂ ਰਾਹੀਂ ਜ਼ਿਲ੍ਹੇ ਵਿਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਸਦੀਕ ਕਰਨ ਦੇ ਨਾਲ-ਨਾਲ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ 1 ਜੁਲਾਈ ਤੋਂ 26 ਨਵੰਬਰ 2026 ਤੱਕ 149 ਦਿਨਾਂ ਦੌਰਾਨ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 946 ਮੁਕੱਦਮੇ ਦਰਜ ਕਰਕੇ 1394 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਨੇ 1 ਕਿੱਲੋ 716 ਗ੍ਰਾਮ ਅਫ਼ੀਮ, 36 3 ਕਿੱਲੋ 185 ਗ੍ਰਾਮ ਚੂਰਾ ਪੋਸਤ, 13,368 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 995 ਗ੍ਰਾਮ ਗਾਂਜਾ, 8 ਗ੍ਰਾਮ ਨਸ਼ੀਲਾ ਪਾਊਡਰ ਅਤੇ 2 ਕਿੱਲੋ 968 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 9 ਲੱਖ 30 ਹਜ਼ਾਰ 30 ਰੁਪਏ ਦੀ ਡਰੱਗ ਮਨੀ ਅਤੇ 52,140 ਪ੍ਰੈਗਾਬਾਲਿਨ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। 1 ਜੁਲਾਈ ਤੋਂ 26 ਨਵੰਬਰ ਤੱਕ ਪੁਲਿਸ ਤੇ ਪਿੰਡਾਂ ਦੀਆਂ ਵਿਲੇਜ ਡਿਫ਼ੈਂਸ ਕਮੇਟੀਆਂ ਦੇ ਸਾਂਝੇ ਯਤਨਾਂ ਸਦਕਾ 377 ਨਸ਼ਾ ਪੀੜਤ ਵਿਅਕਤੀਆਂ ਨੂੰ ਓਟ ਸੈਂਟਰਾਂ ਰਾਹੀਂ ਦਵਾਈ ਮੁਹੱਈਆ ਕਰਵਾਈ ਗਈ, ਜਦਕਿ 265 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਗਿਆ। ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ, ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗ਼ੈਰ-ਕਾਨੂੰਨੀ ਜਾਇਦਾਦ ਦੀ ਪਛਾਣ ਕਰਨ ਅਤੇ ਸਪਲਾਈ ਚੇਨ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।