ਚੰਡੀਗੜ੍ਹ ਮੋਰਚੇ ’ਤੇ ਕਿਸਾਨਾਂ ਦੀ ਵੱਡੀ ਜਿੱਤ ’ਤੇ ਭਾਕਿਯੂ ਕਾਦੀਆਂ ਵਲੋਂ ਕਿਸਾਨਾਂ ਨੂੰ ਵਧਾਈ
ਨਡਾਲਾ, 7 ਸਤੰਬਰ (ਰਘਬਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਲਗਾਏ ਗਏ ਮੋਰਚੇ ਦੌਰਾਨ ਹੋਈ ਸਹਿਮਤੀ ਅਤੇ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ’ਚ ਮੰਨਣ ਦੇ ਫ਼ੈਸਲੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਕਾਰਜਕਾਰੀ ਜ਼ਿਲ੍ਹਾ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਕਿਸਾਨਾਂ ਦੀ ਇਕਜੁੱਟਤਾ, ਦਿ੍ੜ੍ਹ ਇਰਾਦੇ ਅਤੇ ਲੰਮੇ ਸੰਘਰਸ਼ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਪੂਰੀ ਮਜ਼ਬੂਤੀ ਨਾਲ ਲੜਿਆ ਗਿਆ, ਜਿਸ ਦੇ ਸਿੱਟੇ ਵਜੋਂ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਲਿਖਤੀ ਭਰੋਸਾ ਦੇਣਾ ਪਿਆ | ਆਗੂਆਂ ਨੇ ਕਿਹਾ ਕਿ ਕਿਸਾਨ ਇਸ ਜਿੱਤ ਦੇ ਅਸਲ ਹੱਕਦਾਰ ਹਨ, ਜਿਨ੍ਹਾਂ ਨੇ ਇੱਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ |