ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ’ਚ ਸਰਗਰਮ ਭੂਮਿਕਾ ਨਿਭਾਉਣ-ਗਗਨਦੀਪ ਕੌਰ
ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਐੱਨ. ਐੱਸ.
ਕਪੂਰਥਲਾ, 25 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਐੱਨ.ਐੱਸ.ਐੱਸ. ਯੂਨਿਟ ਤੇ ਰੈੱਡ ਰੀਬਨ ਕਲੱਬ ਵਲੋਂ ਮਾਈ ਭਾਰਤ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਯੁਵਾ ਮੁਹਿੰਮ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਣੂ ਕਰਵਾਉਣ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਵਿਚ ਭਾਈ ਭਾਰਤ ਕੇਂਦਰ ਦੀ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਮੁੱਖ ਮਹਿਮਾਨ ਵਜੋਂ ਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਰਿਸੋਰਸ ਪਰਸਨ ਵਜੋਂ ਤੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਦਮਨਜੀਤ ਕੌਰ ਤੇ ਪ੍ਰੋ. ਵਰਿੰਦਰ ਕੌਰ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਅਨਮੋਲ ਸਰਮਾਇਆ ਹਨ, ਇਸ ਲਈ ਉਨ੍ਹਾਂ ਦੀ ਊਰਜਾ ਸਮਰੱਥਾ ਤੇ ਸਿਰਜਣਾਤਮਿਕ ਸੋਚ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋਡ਼ ਹੈ। ਮੁੱਖ ਰਿਸੋਰਸ ਪਰਸਨ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ, ਨੈਤਿਕ ਕਦਰਾਂ ਕੀਮਤਾਂ, ਆਤਮ ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ, ਸਾਹਿਤਕ ਗਤੀਵਿਧੀਆਂ, ਹੋਰ ਸਰਗਰਮੀਆਂ ਤੇ ਸਮਾਜ ਸੇਵਾ ਨਾਲ ਜੁਡ਼ ਕੇ ਆਪਣੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਐੱਨ.ਐੱਸ.ਐੱਸ. ਯੂਨਿਟ ਤੇ ਰੈੱਡ ਰੀਬਨ ਕਲੱਬ ਵਲੋਂ ਕਰਵਾਏ ਜਾ ਰਹੇ ਇਸ ਸੈਮੀਨਾਰ ਦੀ ਸ਼ਲਾਘਾ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਵਿਗਿਆਨਕ ਤੇ ਤੱਕ ਆਧਾਰਿਤ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਵਿਦਿਆਰਥੀਆਂ ਦੀ ਰੋਜ਼ਾਨਾ ਜ਼ਿੰਦਗੀ ਅਤੇ ਸਮਾਜਿਕ ਸਰਗਰਮੀ ਨਾਲ ਜੋਡ਼ਨ ਦੀ ਲੋਡ਼ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸਾਥੀਆਂ ਵਿਚ ਸਕਾਰਾਤਮਿਕ ਸੋਚ ਦਾ ਸੰਚਾਰ ਕਰਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ। ਸੈਮੀਨਾਰ ਨੂੰ ਪ੍ਰੋ. ਦਮਨਜੀਤ ਕੌਰ ਤੇ ਪ੍ਰੋ. ਵਰਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣਾ ਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਅਤਿ ਜ਼ਰੂਰੀ ਹੈ। ਰਿਸੋਰਸ ਪਰਸਨ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿੱਖਿਆ ਤੇ ਜਾਗਰੂਕਤਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਇਸ ਮੌਕੇ ਕਰਵਾਏ ਗਏ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਸਮਰਜੀਤ ਸਿੰਘ ਨੇ ਪਹਿਲਾ, ਸਿਮਰਨ ਨੇ ਦੂਜਾ ਤੇ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਜਸਪ੍ਰੀਤ ਕੌਰ ਤੋਂ ਇਲਾਵਾ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।