ਗੁਰਪੁਰਬ ਦੀਆਂ ਤਿਆਰੀਆਂ ਲਈ ਐੱਸ.ਡੀ.ਐੱਮ. ਸ਼ੁਭੀ ਅੰਗਰਾ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਉਤਸ਼ਾਹ ਅਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਗੁਰਪੁਰਬ ਸਮਾਗਮਾਂ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਅਤੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਐੱਸ.
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਉਤਸ਼ਾਹ ਅਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਗੁਰਪੁਰਬ ਸਮਾਗਮਾਂ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਅਤੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਐੱਸ.ਡੀ.ਐੱਮ. ਸ਼ੁਭੀ ਅੰਗਰਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਗੁਰਪੁਰਬ ਦੀਆਂ ਤਿਆਰੀਆਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਹਰੇਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਸ਼ੁਭੀ ਅੰਗਰਾ ਨੇ ਨਗਰ ਕੌਂਸਲ ਦੇ ਈ.ਓ. ਕਮਲਜੀਤ ਸਿੰਘ ਨੂੰ ਸਮੁੱਚੇ ਸ਼ਹਿਰ ਦੀ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਐੱਸ.ਡੀ.ਐੱਮ. ਨੇ ਐੱਸ.ਐੱਮ.ਓ. ਡਾ. ਅਸ਼ੀਸ਼ ਜੇਤਲੀ ਨੂੰ ਗੁਰਪੁਰਬ ਦੌਰਾਨ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਲੋਡ਼ ਅਨੁਸਾਰ ਮੈਡੀਕਲ ਟੀਮਾਂ ਤੇ ਹੋਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸੰਗਤਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲ ਸਕੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਅਤੇ ਨਗਰ ਕੀਰਤਨ ਦੇ ਰਸਤੇ ਵਿੱਚ ਆਉਂਦੀਆਂ ਸਾਰੀਆਂ ਟੁੱਟੀਆਂ ਸਡ਼ਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਪਾਵਰਕਾਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਗਰ ਕੀਰਤਨ ਦੇ ਰਸਤੇ ਵਿੱਚ ਲਟਕਦੀਆਂ ਅਤੇ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਅਤੇ ਗੁਰਪੁਰਬ ਦੌਰਾਨ ਸ਼ਹਿਰ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਡੀ.ਐੱਸ.ਪੀ. ਸੁਲਤਾਨਪੁਰ ਲੋਧੀ ਧਰਿੰਦਰ ਵਰਮਾ ਆਈ.ਪੀ.ਐੱਸ. ਨੇ ਦੱਸਿਆ ਕਿ ਗੁਰਪੁਰਬ ਨੂੰ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਡੀ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਨਗਰ ਕੀਰਤਨ ਦੌਰਾਨ ਕਿਸੇ ਵੀ ਨੌਜਵਾਨ ਨੂੰ ਉੱਚੀ ਆਵਾਜ਼ ਵਿੱਚ ਡੀ.ਜੇ. ਜਾਂ ਸਾਊਂਡ ਸਿਸਟਮ ਚਲਾਉਣ ਅਤੇ ਮੋਟਰਸਾਈਕਲਾਂ ਜਾਂ ਹੋਰ ਵਾਹਨਾਂ ਰਾਹੀਂ ਸਟੰਟਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਮੀਟਿੰਗ ਵਿੱਚ ਈ.ਓ. ਕਮਲਜੀਤ ਸਿੰਘ, ਐੱਸ.ਐੱਮ.ਓ. ਡਾ. ਆਸ਼ੀਸ਼ ਜੇਤਲੀ, ਸਨੀ ਸਹੋਤਾ, ਹਰਪ੍ਰੀਤ ਨਾਹਰ, ਵਿਜੇ ਕੁਮਾਰ, ਖੁਸ਼ਵਿੰਦਰ ਸਿੰਘ, ਨਵਕੀਰਤ ਸਿੰਘ, ਮਨਜਿੰਦਰ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਜੀਤ ਸਿੰਘ, ਰਮਨ ਵਿਰਦੀ, ਸੰਦੀਪ ਕੁਮਾਰ, ਪ੍ਰਦੀਪ ਕੁਮਾਰ, ਵਰਿੰਦਰ ਸਿੰਘ, ਭੂਸ਼ਣ ਕੁਮਾਰ, ਦੀਪਕ ਖੁਰਾਣਾ, ਵਿਵੇਕ ਵਿਸ਼ਿਸ਼ਟ, ਭੀਸ਼ਮ ਪਾਂਡੇ, ਪਰਵਿੰਦਰ ਕੁਮਾਰ ਅਤੇ ਅਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।