ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਪ੍ਰਸ਼ਾਸਨ, ਪੁਲਿਸ ਤੇ ਪੰਚਾਇਤਾਂ ਦੇ ਯਤਨਾਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ-ਅਕਾਸ਼ ਬਾਂਸਲ, ਗੌਰਵ ਤੂਰਾ
ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਾਂਝੇ ਯਤਨਾਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਤੇ ਗੌਰਵ ਤੂਰਾ ਐਸ.
ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਾਂਝੇ ਯਤਨਾਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਤੇ ਗੌਰਵ ਤੂਰਾ ਐਸ. ਐਸ. ਪੀ. ਕਪੂਰਥਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਾ ਪ੍ਰਭਾਵਿਤ ਪਿੰਡ ਬੂਟ, ਲੱਖਣ ਖੋਲੇ, ਹਮੀਰਾ ਤੇ ਡੋਗਰਾਂਵਾਲ ਦੇ ਦੌਰੇ ਤੋਂ ਬਾਅਦ ਕਹੀ। ਉਨ੍ਹਾਂ ਨੌਜਵਾਨ ਪੀਡ਼ੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ, ਹੁਨਰ ਵਿਕਾਸ ਤੇ ਸਵੈ ਰੁਜ਼ਗਾਰ ਨਾਲ ਜੋਡ਼ਨ ਲਈ ਵਿਕਾਸ ਮੁਖੀ ਤੇ ਲੋਕ ਪੱਖੀ ਪਹਿਲਕਦਮੀਆਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਬੂਟ ਵਿਚ ਵਾਲੀਬਾਲ, ਬਾਸਕਟਬਾਲ, ਦੌਡ਼ਨ ਲਈ ਟਰੈਕ ਤੇ ਹੋਰ ਖੇਡ ਗਤੀਵਿਧੀਆਂ ਦੀਆਂ ਸਹੂਲਤਾਂ ਲਈ ਖੇਡ ਮੈਦਾਨ ਤੇ ਨਵੇਂ ਉਪਕਰਨਾਂ ਨਾਲ ਲੈਸ ਜਿੰਮ ਸਥਾਪਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਪਿੰਡ ਦੇ 11 ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਹੋਰਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕਰਜ਼ੇ ਮੁਹੱਈਆ ਕਰਵਾਉਣ ਵਿਚ ਪ੍ਰਸ਼ਾਸਨ ਵੱਲੋਂ ਸਹਾਇਤਾ ਕੀਤੀ ਜਾਵੇਗੀ ਤੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਓ ਤੇ ਮੁਡ਼ ਵਸੇਬਾ ਕੇਂਦਰਾਂ ਵਿਚ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਲਗਾਤਾਰ ਸਖ਼ਤ ਕਾਰਵਾਈ ਸਦਕਾ ਨਸ਼ਾ ਪੀਡ਼ਤਾਂ ਦੇ ਇਲਾਜ ਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋਡ਼ਨ ਦੇ ਯਤਨਾਂ ਸਦਕਾ ਇਨ੍ਹਾਂ ਪਿੰਡਾਂ ਵਿਚ ਹਾਂ ਪੱਖੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਦੋਵਾਂ ਅਧਿਕਾਰੀਆਂ ਤੇ ਹੋਰ ਵਿਭਾਗਾਂ ਦੇ ਮੁਖੀਆਂ ਨੇ ਪਿੰਡ ਵਾਸੀਆਂ ਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ ਤੇ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਸਟਰੀਟ ਲਾਈਟਾਂ ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ, ਜਦਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਤੇ ਨਸ਼ਿਆਂ ਨਾਲ ਸਬੰਧਿਤ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਦੀ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੂਰਾ ਸਹਿਯੋਗ ਦੇਣ ਦੇ ਨਾਲ ਨਾਲ ਪਡ਼੍ਹਾਈ ਨਾਲ ਸੰਬੰਧਿਤ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਪਿੰਡਾਂ ਦੇ ਦੌਰੇ ਮੌਕੇ ਐਸ. ਡੀ. ਐਮ. ਭੁਲੱਥ ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ, ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਮਨਦੀਪ ਨਾਹਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਿਲ ਸਨ।